ਮੁੱਖ ਮੰਤਰੀ ਦਫ਼ਤਰ, ਪੰਜਾਬ
ਤੁਹਾਡੀ ਸਿਆਸੀ ਢਕਵੰਜ ਵਾਲੀ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ-ਮੁੱਖ ਮੰਤਰੀ ਵੱਲੋਂ ਅਕਾਲੀਆਂ ਨੂੰ ਨਸੀਹਤ
ਅਕਾਲੀ ਦਲ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੈਂਗਸਟਰਾਂ ਤੇ ਡਰੱਗ ਮਾਫੀਏ ਦੀ ਪੁਸ਼ਤਪੁਨਾਹੀ ਵਰਗੇ ਬੱਜਰ ਗੁਨਾਹਾਂ ਤੋਂ ਅਕਾਲੀ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ
ਚੰਡੀਗੜ੍ਹ, 4 ਜਨਵਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ।
ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।”